ਪੰਜਾਬ : ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ, ਦੇਖੋ ਵੀਡਿਓ

ਪੰਜਾਬ : ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ, ਦੇਖੋ ਵੀਡਿਓ

ਅੰਮ੍ਰਿਤਸਰ : ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 15 ਨਵੰਬਰ ਨੂੰ ਅੰਮ੍ਰਿਤਸਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਸ਼ਹੀਦੀ ਸਮਾਗਮ ਪ੍ਰਥਾਇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਥਾ ਵਾਚਕਾਂ ਵਲੋ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ। ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ। ਓਹਨਾ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ।

ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿੱਚ ਪਹੁੰਚ ਕੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਜ਼ਿਕਰ ਯੋਗ ਹੈ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਘਮਸਾਨ ਦਾ ਯੁੱਧ ਕਰਦਿਆਂ ਸ੍ਰੀ ਅੰਮ੍ਰਿਤਸਰ ਪਹੁੰਚੇ ਅਤੇ ਆਪਣਾ ਸੀਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟਾ ਕੀਤਾ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਸਸਕਾਰ ਕੀਤਾ ਗਿਆ । ਇਹ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀ ਅਦੁੱਤੀ ਸ਼ਹੀਦੀ ਦੀ ਯਾਦ ਨੂੰ ਤਾਜ਼ਾ ਕਰਵਾਉਂਦਾ ਹੈ ਅਤੇ ਗੁਰਧਾਮਾਂ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਪ੍ਰੇਰਨਾ ਸਰੋਤ ਹੈ।