ਪੰਜਾਬ : ਪ੍ਰਸ਼ਾਸ਼ਨ ਨੇ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਸਖਤ ਆਦੇਸ਼ ਕੀਤੇ ਜਾਰੀ

ਪੰਜਾਬ :  ਪ੍ਰਸ਼ਾਸ਼ਨ ਨੇ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਸਖਤ ਆਦੇਸ਼ ਕੀਤੇ ਜਾਰੀ

ਮੋਗਾ :  ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਧਾਰਾ 144 ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਉੱਪਰ ਨਜ਼ਰ ਰੱਖਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀ ਨਿਯੁਕਤੀ ਕੀਤੀ ਹੈ। ਉੱਥੇ ਇਸ ਮਸਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਨਵੇਂ ਸਖਤ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਜੇਕਰ ਕੋਈ ਅਸਲਾ ਲਾਇਸੰਸ ਧਾਰਕ ਕਿਸਾਨ, ਨਾੜ ਨੂੰ ਅੱਗ ਲਗਾਵੇਗਾ, ਤਾਂ ਉਸ ਦਾ ਅਸਲਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਹਰ ਪਿੰਡ ਦੇ ਨੰਬਰਦਾਰ, ਪੰਚ ਅਤੇ ਸਰਪੰਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਜਿੰਮੇਵਾਰ ਹੋਣਗੇ। ਜੇਕਰ ਨੰਬਰਦਾਰ ਖੁਦ ਆਪਣੇ ਖੇਤਾਂ ਵਿੱਚ ਅੱਗ ਲਗਾਉਂਦਾ ਹੈ ਤਾਂ ਉਸਦੀ ਨੰਬਰਦਾਰੀ ਰੱਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਖੇਤਾਂ ਵਿੱਚ ਅੱਗ ਲਗਾਉਣ ਲਈ ਦੋਸ਼ੀ ਪਾਏ ਗਏ ਪੰਚਾਂ ਜਾਂ ਸਰਪੰਚਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਆਪਣੇ ਖੇਤਾਂ ਵਿੱਚ ਅੱਗ ਲਗਾਉਂਦਾ ਹੈ ਤਾਂ ਉਸ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫ਼ਸਲ ਦੀ ਕਟਾਈ ਉਪਰੰਤ ਨਾੜ ਦੇ ਹੱਲ ਲਈ ਲੋੜੀਂਦੀ ਗਿਣਤੀ ਵਿੱਚ ਮਸ਼ੀਨਰੀ ਉਪਲੱਬਧ ਹੈ, ਕਿਸਾਨ ਇਸ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚੇ ਰਹਿਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।