ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅੰਦਰ ਆਟਾ ਦਾਲ ਦੀ ਵੰਡ ਸਬੰਧੀ ਪੜਤਾਲ ਦੇ ਹੁਕਮ

ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅੰਦਰ ਆਟਾ ਦਾਲ ਦੀ ਵੰਡ ਸਬੰਧੀ ਪੜਤਾਲ ਦੇ ਹੁਕਮ

ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਇਕ ਹਫਤੇ ਅੰਦਰ ਰਿਪੋਰਟ ਸੌਂਪਣ ਦੇ ਹੁਕਮ

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅੰਦਰ ਪੈਂਦੇ ਪਿੰਡਾਂ ਵਿਚ ਰਾਸ਼ਟਰੀ ਖਾਧ ਸੁਰੱਖਿਆ ਨਿਯਮ ਤਹਿਤ ਵੰਡੇ ਜਾ ਰਹੇ ਆਟਾ ਦਾਲ ਦੀ ਪੜਤਾਲ ਦੇ ਹੁਕਮ ਦਿੱਤੇ ਗਏ ਹਨ।

ਪਿੰਡ ਕਮਾਲਪੁਰ ਤੇ ਹੋਰਨਾਂ ਕੁਝ ਥਾਵਾਂ ਤੋਂ ਆਟਾ ਦਾਲ ਦੀ ਵੰਡ ਵਿਚ ਊਣਤਾਈਆਂ ਹੋਣ ਸਬੰਧੀ ਮਿਲੀਆਂ ਸ਼ਿਕਾਇਤਾਂ ’ਤੇ ਡਿਪਟੀ ਕਮਿਸ਼ਨਰ ਵਲੋਂ ਤੁਰੰਤ ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਪੜਤਾਲ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਇਹ ਪੜਤਾਲ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਅੰਦਰ ਨਿੱਜੀ ਪੱਧਰ ’ਤੇ ਕਰਨ ਲਈ ਕਿਹਾ ਗਿਆ ਹੈ ਅਤੇ ਪੜਤਾਲੀਆ ਰਿਪੋਰਟ 7 ਦਿਨਾਂ ਦੇ ਅੰਦਰ-ਅੰਦਰ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸੌਂਪਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਟਾ ਦਾਲ ਦੀ ਵੰਡ ਪੰਜਾਬ ਸਰਕਾਰ ਦੀ ਲੋਕ ਭਲਾਈ ਵਾਲੀ ਯੋਜਨਾ ਹੈ, ਜਿਸ ਤਹਿਤ ਸਮਾਜ ਦੇ ਲੋੜਵੰਦ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਆਦਿ ਵਿਚ ਕੋਈ ਵੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰਿਪੋਰਟ ਮਿਲਣ ’ਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

Share